ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਣਗਹਿਲੀ ਕਾਰਨ ਪ੍ਰਬੰਧਕਾਂ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ
- ਅੰਤਰਰਾਸ਼ਟਰੀ
- (Asia/Kolkata)
ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਦੀ ਕੀਤੀ ਤਾਕੀਦ।
ਬਿੰਦਰ ਸਿੰਘ ਖੁੱਡੀ ਕਲਾਂ
AMRITSAR ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਆਖੀ ਹੈ।
ਇਸ ਮਾਮਲੇ ਵਿੱਚ ਤੁਰੰਤ ਨੋਟਿਸ ਲੈਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਹੈ ਅਤੇ ਦਿੱਲੀ ਦੀ ਸਿੱਖ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ ਹਨ। ਪੁੱਜੀ ਰਿਪੋਰਟ ਅਤੇ ਸ਼ਿਕਾਇਤ ਅਨੁਸਾਰ ਇਸ ਘਟਨਾ ਅੰਦਰ ਬੇਅਦਬੀ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰੂ ਘਰ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਵਿੱਚ ਅਣਗਹਿਲੀ ਵਰਤੀ ਹੈ, ਜਿਸ ਕਰਕੇ ਸਿੱਖ ਸੰਗਤ ਦੇ ਮਨਾਂ ਵਿੱਚ ਭਾਰੀ ਰੋਸ ਹੈ।
ਕਾਰਵਾਈ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ, ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਸ. ਪ੍ਰੇਮ ਸਿੰਘ, ਸ. ਮਨਮੋਹਨ ਸਿੰਘ, ਸ. ਸਰੂਪ ਸਿੰਘ, ਸ. ਹਰਬੀਰ ਸਿੰਘ ਅਤੇ ਸ. ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ 2026 ਨੂੰ ਸਵੇਰੇ 11 ਵਜੇ ਆਪਣ ਲਿਖਤੀ ਸਪੱਸ਼ਟੀਕਰਨ ਲੈ ਕੇ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਿੱਥ ਕੇ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਤਿਲਕ ਨਗਰ ਵਿੱਚ ਵਾਪਰੀ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮਨਸ਼ਾ ਅਤੇ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਨਸ਼ਰ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੇਸ਼ ਵਿਦੇਸ਼ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਅਸਥਾਨਾਂ ਉੱਤੇ ਸੁਰੱਖਿਆ ਦੇ ਪ੍ਰਬੰਧ ਪੁਖਤਾ ਰੱਖਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੁਰੱਖਿਆ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਦੋਸ਼ੀ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਅਤੇ ਪ੍ਰਬੰਧਕਾਂ ਨੇ 17 ਨਵੰਬਰ ਤੱਕ ਦਬਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਘਟਨਾ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਨੂੰ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਜਦੋਂ ਦੁਬਾਰਾ 17 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ ਤਾਂ ਗੁਰੂ ਘਰ ਦੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਫੜ ਕੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਸੰਗਤ ਇਕੱਠੀ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਹੁਣ ਪੁਲਿਸ ਹਿਰਾਸਤ ਵਿੱਚ ਹੈ ਪਰੰਤੂ ਇਸ ਘਟਨਾ ਵਿੱਚ ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਹੈ, ਜਿਸ ਕਰਕੇ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।
Leave a Reply