ਘਰ-ਘਰ ਪ੍ਰਚਾਰ ਤੋਂ ਪਹਿਲਾਂ ‘ਆਪ’ ਪੰਜਾਬ ਦੀ ਜ਼ਮੀਨੀ ਹਕੀਕਤ ਦੱਸੇ : ਰਮਨਦੀਪ ਕੌਰ ਸ਼ੇਰੋਂ
ਲੋਕ ਸਵਾਲ ਕਰਨ ਤਾਂ ਲਾਠੀਚਾਰਜ ਜਾਂ ਕੇਸਾਂ ਦੀ ਥਾਂ ਸਰਕਾਰ ਜਵਾਬ ਦੇਵੇ : ਰਮਨਦੀਪ ਕੌਰ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,18 ਸਤੰਬਰ
ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਸਰਕਾਰ ਦੇ ਕੰਮਕਾਜ ਦਾ ਪ੍ਰਚਾਰ ਕਰਨ ਦੀ ਐਲਾਨੀ ਮੁਹਿੰਮ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਜਾਣ ਵਾਲੇ ‘ਆਪ’ ਵਰਕਰ ਲੋਕਾਂ ਨੂੰ ਇਸ਼ਤਿਹਾਰਾਂ ਅਤੇ ਦਾਅਵਿਆਂ ਦੇ ਨਾਲ ਇਹ ਵੀ ਦੱਸਣ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਕੀ ਵੱਡਾ ਬਦਲਾਅ ਹੋਇਆ ਹੈ।
ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਬੇਰੁਜ਼ਗਾਰੀ,ਨਸ਼ਿਆਂ,ਕਾਨੂੰਨ-ਵਿਵਸਥਾ,ਕਰਜ਼ੇ, ਮੁਲਾਜ਼ਮਾਂ ਦੇ ਮਸਲਿਆਂ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਈ ਸਵਾਲਾਂ ਦੇ ਜਵਾਬ ਮੰਗ ਰਹੇ ਹਨ।ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ ਅਤੇ ਲੋਕ ਸੁਰੱਖਿਆ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜਦੋਂ ‘ਆਪ’ ਵਰਕਰ ਲੋਕਾਂ ਦੇ ਘਰਾਂ ਤੱਕ ਜਾਣ ਤਾਂ ਉਹ ਸਰਕਾਰ ਦੇ ਦਾਅਵਿਆਂ ਦੇ ਨਾਲ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਵੀ ਤਿਆਰ ਰਹਿਣ।ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਿਰ ਕਰਜ਼ੇ ਦੇ ਬੋਝ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਮਸਲਿਆਂ ਬਾਰੇ ਸਰਕਾਰ ਲੋਕਾਂ ਨੂੰ ਕੀ ਜਵਾਬ ਦੇਵੇਗੀ।
ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਟਰਾਂਸਪੋਰਟ ਅਤੇ ਬਿਜਲੀ ਵਿਭਾਗ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਵੀ ਲੋਕਾਂ ਵਿੱਚ ਸਵਾਲ ਹਨ। ਜੇਕਰ ਸਰਕਾਰ ਆਪਣੇ ਕੰਮਾਂ ਦਾ ਪ੍ਰਚਾਰ ਕਰਨ ਲਈ ਘਰ-ਘਰ ਜਾ ਰਹੀ ਹੈ ਤਾਂ ਲੋਕਾਂ ਨੂੰ ਵੀ ਸਰਕਾਰ ਤੋਂ ਸਵਾਲ ਪੁੱਛਣ ਦਾ ਪੂਰਾ ਹੱਕ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਿਰਫ਼ ਇਸ਼ਤਿਹਾਰਾਂ ਜਾਂ ਸਿਆਸੀ ਦਾਅਵਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਦੇ ਆਧਾਰ ’ਤੇ ਪਰਖਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੋਂ ਤੰਗ ਲੋਕ ਆਪਣੇ ਸਵਾਲ ਉਠਾਉਂਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਲਾਠੀਚਾਰਜ ਜਾਂ ਕਥਿਤ ਝੂਠੇ ਕੇਸਾਂ ਦਾ ਸਹਾਰਾ ਲੈਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।
Posted By: GURBHEJ SINGH ANANDPURI