ਖੇਡਾਂ ਵਤਨ ਪੰਜਾਬ ਦੀਆਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ - ਜ਼ਿਲ੍ਹਾ ਖੇਡ ਅਫ਼ਸਰ

ਖੇਡਾਂ ਵਤਨ ਪੰਜਾਬ ਦੀਆਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ - ਜ਼ਿਲ੍ਹਾ ਖੇਡ ਅਫ਼ਸਰ

ਜ਼ਿਲ੍ਹੇ ਦੇ ਖਿਡਾਰੀਆਂ ਅਤੇ ਨਾਗਰਿਕਾਂ ਨੂੰ ਵੱਧ-ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਦਾ ਦਿੱਤਾ ਸੱਦਾ

ਜੁਗਰਾਜ ਸਿੰਘ ਸਰਹਾਲੀ 
ਤਰਨ ਤਾਰਨ, 26 ਅਗਸਤ :

ਖੇਡ ਵਿਭਾਗ ਪੰਜਾਬ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ 2026' ਕਰਵਾਈਆਂ ਜਾ ਰਹੀਆਂ ਹਨ। ਇਹ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ 'ਤੇ ਕਰਵਾਈਆਂ ਜਾ ਰਹੀਆਂ ਹਨ। ਇਸ ਵਿੱਚ ਅੰਡਰ 14, ਅੰਡਰ 17, ਅੰਡਰ 21, 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਉੱਪਰ ਦੇ ਉਮਰ ਵਰਗ ਦੇ ਖਿਡਾਰੀ ਅਤੇ ਵਿਅਕਤੀ ਭਾਗ ਲੈ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਵੈੱਬਸਾਈਟ sports.punjab.gov.in 'ਤੇ ਵਿਅਕਤੀ ਅਤੇ ਖਿਡਾਰੀ ਆਪਣੀ ਰਜਿਸਟਰੇਸ਼ਨ ਆਪ ਵੀ ਕਰ ਸਕਦਾ ਹੈ। ਜੇਕਰ ਕਿਸੇ ਖਿਡਾਰੀ, ਵਿਅਕਤੀ ਜਾਂ ਨਾਗਰਿਕ ਨੂੰ ਆਨਲਾਈਨ ਰਜਿਸਟਰੇਸ਼ਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਖੇਡ ਦਫ਼ਤਰ ਤਰਨ ਤਾਰਨ ਵਿਖੇ ਆ ਕੇ ਆਪਣੀ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਖਿਡਾਰੀ ਦਾ ਪੰਜਾਬ ਦਾ ਨਿਵਾਸੀ ਹੋਣਾ ਜ਼ਰੂਰੀ ਹੈ। 
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਬਲਾਕ ਪੱਧਰ ਦੀਆਂ ਖੇਡਾਂ 3 ਸਤੰਬਰ 2026 ਤੋਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਤਰਨ ਤਾਰਨ ਦੇ ਖਿਡਾਰੀਆਂ ਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਹਰ ਸਹੂਲਤ ਇਸ ਪੋਰਟਲ ਦੁਆਰਾ ਹੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਖਿਡਾਰੀ ਦੀ ਰਜਿਸਟਰੇਸ਼ਨ ਹੋਣੀ ਲਾਜ਼ਮੀ ਹੈ। ਉਨ੍ਹਾਂ ਸੱਦਾ ਦਿੱਤਾ ਕਿ, "ਆਓ ਸਾਰੇ ਮਿਲ ਕੇ ਖੇਡਾਂ ਨਾਲ ਜੁੜੀਏ ਅਤੇ ਤੰਦਰੁਸਤ ਪੰਜਾਬ ਬਣਾਈਏ।"

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.