ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 23 ਅਕਤੂਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ
ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਗਈ ਸੀ। ਇਸੇ ਤਹਿਤ ਇਹ ਸਨਮਾਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਸਿੱਖ ਨੌਜਵਾਨਾਂ ਨੂੰ ਸਿੱਖੀ ਸਿਧਾਂਤਾਂ ਅਨੁਸਾਰ ਪ੍ਰਸ਼ਾਸਕੀ ਸੇਵਾਵਾਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।