ਪੰਜਾਬ ਦੇ ਭਖਦੇ ਮਸਲਿਆਂ ਅਤੇ 2027 ਦੀਆਂ ਚੋਣਾਂ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ
- ਰਾਜਨੀਤੀ
- (Asia/Kolkata)
ਮਸਤੂਆਣਾ ਸਾਹਿਬ ਵਿਖੇ 24 ਅਕਤੂਬਰ ਨੂੰ ਮੀਟਿੰਗ ਕਰਨ ਦਾ ਹੋਇਆ ਫ਼ੈਸਲਾ...
ਚੰਡੀਗੜ੍ਹ/ਪਟਿਆਲਾ, 17 ਅਕਤੂਬਰ: (ਮੰਗਤ ਸਿੰਘ ਸੈਦਪੁਰ) ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ, ਪੰਜਾਬ ਦੇ ਗੰਭੀਰ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੇ ਭਵਿੱਖ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਨੂੰ ਦਰਪੇਸ਼ ਚੁਣੌਤੀਆਂ, ਪੰਜਾਬ ਦੇ ਹੱਕਾਂ, ਪੰਜਾਬੀ ਲੋਕਾਂ ਦੇ ਹਿੱਤਾਂ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਇੱਕ ਵਿਸ਼ਾਲ ਜਨਤਕ ਰਾਜਨੀਤਿਕ ਅੰਦੋਲਨ ਖੜ੍ਹਾ ਕਰਨ ਦੀ ਲੋੜ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਦੇ ਮਸਲਿਆਂ ਦਾ ਹੱਲ ਸਿਰਫ਼ ਚੋਣਾਂ ਤੱਕ ਸੀਮਤ ਰਹਿ ਕੇ ਨਹੀਂ ਲੱਭਿਆ ਜਾ ਸਕਦਾ, ਸਗੋਂ ਇਸ ਲਈ ਲੋਕਾਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ ਵਾਲਾ ਇੱਕ ਮਜ਼ਬੂਤ ਜਨਤਕ ਅੰਦੋਲਨ ਖੜ੍ਹਾ ਕਰਨ ਦੀ ਲੋੜ ਹੈ। ਇਸ ਅੰਦੋਲਨ ਨੂੰ ਪੰਜਾਬ ਦੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਹੱਕਾਂ ਨਾਲ ਜੋੜਦਿਆਂ ਦੇਸ਼ ਪੱਧਰ ’ਤੇ ਉਭਾਰਨ ਬਾਰੇ ਵੀ ਵਿਚਾਰ ਕੀਤਾ ਗਿਆ, ਤਾਂ ਜੋ ਪੰਜਾਬ ਦੇ ਮੁੱਦਿਆਂ ਨੂੰ ਵਿਆਪਕ ਪੱਧਰ ’ਤੇ ਉਠਾਇਆ ਜਾ ਸਕੇ। ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਅਸਲ ਮੁੱਦਿਆਂ ਨੂੰ ਕਿਵੇਂ ਪ੍ਰਮੁੱਖਤਾ ਨਾਲ ਉਭਾਰਿਆ ਜਾਵੇ ਅਤੇ ਇਨ੍ਹਾਂ ਚੋਣਾਂ ਵਿੱਚ ਲੋਕ ਪੱਖੀ ਰਾਜਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਕਿਵੇਂ ਲਿਆਂਦਾ ਜਾਵੇ। ਆਗੂਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਚੋਣਾਂ ਸਬੰਧੀ ਰਣਨੀਤੀ ਤੈਅ ਕਰਦਿਆਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਨੂੰ ਕੇਂਦਰ ਵਿੱਚ ਰੱਖਿਆ ਜਾਵੇ। ਇਸ ਦੇ ਨਾਲ ਹੀ ਚੋਣਾਂ ਤੋਂ ਅੱਗੇ ਵਧ ਕੇ ਲੰਮੇ ਸਮੇਂ ਦੇ ਜਨਤਕ ਸੰਘਰਸ਼ ਦੀ ਦਿਸ਼ਾ ਤੈਅ ਕਰਨ ਦੀ ਲੋੜ ’ਤੇ ਵੀ ਚਰਚਾ ਹੋਈ। ਇਨ੍ਹਾਂ ਵਿਚਾਰਾਂ ਨੂੰ ਅੱਗੇ ਤੋਰਨ, ਪ੍ਰਸਤਾਵਿਤ ਅੰਦੋਲਨ ਦੀ ਰੂਪ-ਰੇਖਾ ਤਿਆਰ ਕਰਨ ਅਤੇ ਭਵਿੱਖ ਦੇ ਸੰਘਰਸ਼ਾਂ ਦੇ ਪ੍ਰੋਗਰਾਮ ਉਲੀਕਣ ਲਈ 24 ਤਰੀਕ ਨੂੰ ਮਸਤੂਆਣਾ ਸਾਹਿਬ ਵਿਖੇ ਅਗਲੀ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮਸਲਿਆਂ, ਜਨਤਕ ਲਾਮਬੰਦੀ, ਸੰਘਰਸ਼ ਦੀ ਦਿਸ਼ਾ ਅਤੇ 2027 ਦੀਆਂ ਚੋਣਾਂ ਸਬੰਧੀ ਵਿਚਾਰ-ਚਰਚਾ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੀਟਿੰਗ ਵਿੱਚ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ ਉਥੇ ਚੱਲ ਰਹੇ ਅੰਦੋਲਨ ਦੀ ਹਿਮਾਇਤ ਕੀਤੀ ਅਤੇ ਦੂਸਰੇ ਮਤੇ ਵਿੱਚ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਅਤੇ ਸਮੁੱਚੇ ਰਾਜਨੀਤਿਕ ਕੈਦੀਆਂ ਦੇ ਰਿਹਾਈ ਦੀ ਮੰਗ ਵੀ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਬਚਾਓ ਮੋਰਚਾ ਵੱਲੋਂ ਬਲਵਿੰਦਰ ਸਿੰਘ, ਯੂਨਾਈਟਿਡ ਅਕਾਲੀ ਦਲ ਵੱਲੋਂ ਜਥੇਦਾਰ ਭਾਈ ਗੁਰਦੀਪ ਸਿੰਘ ਬਠਿੰਡਾ, ਪੰਜਾਬਨਾਮਾ ਵੱਲੋਂ ਰਮਨਪ੍ਰੀਤ ਅਤੇ ਹਰਮਨ, ਮਿਸਲ ਸਤਲੁਜ ਵੱਲੋਂ ਅਜੈਪਾਲ ਬਰਾੜ, ਸਾਂਝਾ ਪੰਜਾਬ ਮੋਰਚਾ ਵੱਲੋ ਜਗਰਾਜ ਟੱਲੇਵਾਲ, ਅਵਤਾਰ ਸਿੰਘ ਮਹਿਮਾ ਅਤੇ ਭਜਨ ਸਿੰਘ ਬਠਿੰਡਾ ਅਤੇ ਸਾਂਝਾ ਪੰਜਾਬ ਮੋਰਚਾ ਨਾਲ ਸਬੰਧਤ ਹੋਰ ਸਾਥੀ ਸ਼ਾਮਲ ਹੋਏ। ਮੀਟਿੰਗ ਵਿੱਚ ਸ਼ਾਮਲ ਆਗੂਆਂ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ, ਪੰਜਾਬੀ ਕੌਮ ਦੇ ਭਵਿੱਖ ਅਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਸਾਂਝੀ ਵਿਚਾਰ-ਚਰਚਾ ਜਾਰੀ ਰੱਖਣ ਅਤੇ ਵਿਸ਼ਾਲ ਜਨਤਕ ਰਾਜਨੀਤਿਕ ਅੰਦੋਲਨ ਦੀ ਉਸਾਰੀ ਲਈ ਮਿਲ ਕੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਅਗਲੀ ਮੀਟਿੰਗ ਵਿੱਚ ਇਨ੍ਹਾਂ ਵਿਚਾਰਾਂ ਨੂੰ ਅਮਲੀ ਰੂਪ ਦੇਣ ਲਈ ਅਗਲੇ ਕਦਮਾਂ ਬਾਰੇ ਵਿਚਾਰ ਕੀਤਾ ਜਾਵੇਗਾ।
Leave a Reply