ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਸ੍ਰੀ ਅੰਮ੍ਰਿਤਸਰ, 26 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਅਪੀਲ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਜੋ ਅਰਦਾਸ ਦਾ ਸਮਾਗਮ ਉਲੀਕਿਆ ਹੈ ਉਸ ਤਹਿਤ ਦੇਸ਼ ਦੁਨੀਆ ਦੀ ਸਮੂਹ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੀ ਜ਼ਰੂਰ ਆਪੋ ਆਪਣੇ ਥਾਵਾਂ ਉੱਤੇ ਵੀ ਅਰਦਾਸ ਕਰਨ।
ਉਨ੍ਹਾਂ ਕਿਹਾ ਕਿ ਜਦੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚ ਨਜ਼ਰਬੰਦ ਸਨ ਤਾਂ ਉਸ ਸਮੇਂ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਗੁਰਦਾਸ ਜੀ ਨੇ ਸ਼ਬਦ ਚੌਂਕੀਆਂ ਕੱਢੀਆਂ ਸਨ, ਜਿਸ ਨਾਲ ਕੌਮ ਵਿੱਚ ਚੜ੍ਹਦੀ ਕਲਾ ਆਈ ਸੀ। ਉਸ ਵੇਲੇ ਵੀ ਸਿੱਖਾਂ ਨੇ ਸ਼ਬਦ ਗੁਰੂ ਦਾ ਆਸਰਾ ਲਿਆ ਸੀ ਅਤੇ ਅੱਜ ਵੀ ਸਿੱਖਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੀ ਆਸਰਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵਭਰ ਦੀ ਸਿੱਖ ਸੰਗਤ ਨੇ ਇਸੇ ਇਤਿਹਾਸ ਦੀ ਸੇਧ ਵਿੱਚ 29 ਅਗਸਤ ਨੂੰ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਜ਼ਰੂਰ ਕਰਨੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਅੰਦਰ ਅਰਦਾਸ ਦੇ ਸੰਕਲਪ ਵਿੱਚ ਬਹੁਤ ਸ਼ਕਤੀ ਹੈ ਅਤੇ ਗੁਰੂ ਸਾਹਿਬ ਦੇ ਸਨਮੁਖ ਪੂਰਨ ਭਰੋਸੇ ਤਹਿਤ ਕੀਤੀ ਗਈ ਅਰਦਾਸ ਜ਼ਰੂਰ ਸਫ਼ਲ ਹੁੰਦੀ ਹੈ। 
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਅਤੇ ਸਰਕਾਰਾਂ ਵੱਲੋਂ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਤਹਿਤ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਵਿਰੁੱਧ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਵਿਸ਼ਵ ਪੱਧਰ ਉੱਤੇ ਅਵਾਜ਼ ਉਠਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਸਮਾਗਮਾਂ ਤਹਿਤ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 29 ਅਗਸਤ ਨੂੰ ਭੋਗ ਉਪਰੰਤ ਬੰਦੀ ਸਿੰਘਾਂ ਲਈ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਬਾਕੀ ਗੁਰਦੁਆਰਾ ਸਾਹਿਬਾਨ ਵੀ ਇਸੇ ਤਰਜ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ 29 ਅਗਸਤ ਨੂੰ ਅਰਦਾਸ ਸਮਾਗਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਨਹੀਂ ਕਰਵਾਏ ਜਾ ਸਕਦੇ ਤਾਂ ਹਰ ਗੁਰਦੁਆਰਾ ਸਾਹਿਬ ਅੰਦਰ ਗੁਰਬਾਣੀ ਦਾ ਜਾਪ ਕਰਨ ਉਪਰੰਤ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਬੇਨਤੀ ਜ਼ਰੂਰ ਹੋਵੇ। 
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਤਾਕੀਦ ਵੀ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਸਮਾਗਮ ਦੀ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ਅਤੇ ਹੋਰ ਮੀਡੀਆ ਮੰਚਾਂ ਉੱਤੇ ਵੀ ਜ਼ਰੂਰ ਪਾਉਣ ਤਾਂ ਜੋ ਨਜ਼ਰਬੰਦ ਸਿੱਖਾਂ ਦੇ ਹੱਕਾਂ ਲਈ ਵੱਧ ਤੋਂ ਵੱਧ ਅਵਾਜ਼ ਬੁਲੰਦ ਹੋ ਸਕੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.