ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਸ਼ਾਮਿਲ ਹੋਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਸ਼ਾਮਿਲ ਹੋਏ

ਬਿੰਦਰ ਸਿੰਘ ਖੁੱਡੀ ਕਲਾਂ 
ਨਵੀਂ ਦਿੱਲੀ, 24 ਨਵੰਬਰ 

​:ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਬੀਤੇ ਕੱਲ ਰਾਜਧਾਨੀ ਦਿੱਲੀ ਵਿੱਚ ਇੱਕ ਬੇਹੱਦ ਅਧਿਆਤਮਿਕ ਅਤੇ ਇਤਿਹਾਸਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਦੀ ਸਰਕਾਰੀ ਰਿਹਾਇਸ਼ 'ਲੋਕ ਨਿਵਾਸ' ਵਿਖੇ ਆਯੋਜਿਤ ਇਸ ਸ਼ਬਦ ਕੀਰਤਨ ਸਮਾਗਮ ਵਿੱਚ ਪਹੁੰਚ ਕੇ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਿਰ ਢੱਕ ਕੇ ਬੜੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿੱਲੀ ਦੇ ਉਪ ਰਾਜਪਾਲ ਦੀ ਸਰਕਾਰੀ ਰਿਹਾਇਸ਼ 'ਤੇ ਇਹ ਪਹਿਲਾ ਦੌਰਾ ਸੀ। ਜਿਸ ਕਾਰਨ ਇਹ ਸਮਾਗਮ ਧਾਰਮਿਕ ਦੇ ਨਾਲ-ਨਾਲ ਪ੍ਰਸ਼ਾਸਨਿਕ ਪੱਖੋਂ ਵੀ ਖ਼ਾਸ ਬਣ ਗਿਆ।ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਫ਼ੀ ਸਮਾਂ ਸੰਗਤ ਦੇ ਵਿਚਕਾਰ ਬੈਠੇ ਰਹੇ ਅਤੇ ਪੰਥ ਦੇ ਪ੍ਰਸਿੱਧ ਰਾਗੀ ਜਥੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਵੱਲੋਂ ਕੀਤੇ ਗਏ ਇਲਾਹੀ ਗੁਰਬਾਣੀ ਕੀਰਤਨ ਦਾ ਬੜੇ ਇਕਾਗਰ ਮਨ ਨਾਲ ਸਰਵਣ ਕੀਤਾ। ਇਸ ਪਵਿੱਤਰ ਮੌਕੇ 'ਤੇ ਲੋਕ ਨਿਵਾਸ ਦਾ ਸਮੁੱਚਾ ਮਾਹੌਲ ਗੁਰਬਾਣੀ ਦੀਆਂ ਮਧੁਰ ਧੁਨਾਂ ਨਾਲ ਗੂੰਜ ਉੱਠਿਆ। ਸਮਾਗਮ ਦੀ ਮੇਜ਼ਬਾਨੀ ਕਰ ਰਹੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਸ ਸਮਾਗਮ ਵਿੱਚ ਸ਼ਮੂਲੀਅਤ ਉਨ੍ਹਾਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਡੂੰਘੀ ਆਸਥਾ ਅਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸਨੇਹ ਨੂੰ ਦਰਸਾਉਂਦੀ ਹੈ। 

​ਇਸ ਅਧਿਆਤਮਿਕ ਇਕੱਠ ਵਿੱਚ ਦੇਸ਼ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਸਮਾਗਮ ਵਿੱਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਆਪਣੀ ਪਤਨੀ ਸਮੇਤ, ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਅਤੇ ਮਸ਼ਹੂਰ ਗਾਇਕ ਮੀਕਾ ਸਿੰਘ ਨੇ ਵੀ ਸਮਾਗਮ ਵਿੱਚ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। 

​ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦੇ ਮਹਾਨ ਸਿਧਾਂਤ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿਖਾਇਆ ਗਿਆ ਆਪਸੀ ਭਾਈਚਾਰੇ, ਨਿਮਰਤਾ, ਦਇਆ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਮਾਰਗ ਅੱਜ ਵੀ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ। ਪ੍ਰਧਾਨ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸਿਵਲ ਲਾਈਨਜ਼ ਅਤੇ ਲੋਕ ਨਿਵਾਸ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਹ ਸਮਾਗਮ ਸਮਾਜ ਵਿੱਚ ਏਕਤਾ, ਸਦਭਾਵਨਾ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੰਦਾ ਹੋਇਆ ਸੰਪੰਨ ਹੋਇਆ। 

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.