ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਦੌਰਾਨ ਝੋਟਾ ਦੇ ਪਿਤਾ ਦੀ ਸਿਹਤ ਵਿਗੜਨ ਦੀਆਂ ਖਬਰਾਂ
ਭੀਮ ਸਿੰਘ ਵੱਲੋਂ ਪਾਣੀ ਪੀਣ ਤੋਂ ਸਿਵਾਏ ਕੁੱਝ ਵੀ ਖਾਣ ਪੀਣ ਤੋਂ ਇਨਕਾਰ।
ਹਰਵਿੰਦਰ ਕੌਰ ਖੁੱਡੀ ਕਲਾਂ
ਚੰਡੀਗੜ੍ਹ/ਮਾਨਸਾ: ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਚੰਡੀਗੜ੍ਹ ਵਿਖੇ ਨਸ਼ਿਆਂ ਵਿਰੋਧੀ ਮੁਹਿੰਮ ਦੇ ਆਗੂ ਸਵ.ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਦੀ ਪ੍ਰਕਿਰਿਆ ਦੌਰਾਨ ਉਨ੍ਹਾਂ ਦੇ ਪਿਤਾ ਬਾਪੂ ਭੀਮ ਸਿੰਘ ਦੀ ਤਬੀਅਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਕਿ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨੇ ਪੋਸਟਮਾਰਟਮ ਤੋਂ ਪਹਿਲਾਂ ਮਾਨਸਾ ਦੇ ਐਸਐਸਪੀ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਅਤੇ ਅੰਨ-ਜਲ ਤਿਆਗਣ ਦਾ ਐਲਾਨ ਕੀਤਾ ਸੀ। ਲਗਾਤਾਰ ਮਾਨਸਿਕ ਤਣਾਅ ਅਤੇ ਭੁੱਖ ਹੜਤਾਲ ਕਾਰਨ ਹਸਪਤਾਲ ਵਿਖੇ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਸਮਰਥਕਾਂ ਅਤੇ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਸੰਭਾਲਿਆ। ਸੂਤਰਾਂ ਅਨੁਸਾਰ ਭੀਮ ਸਿੰਘ ਇਸ ਵੇਲੇ ਸਿਰਫ਼ ਪਾਣੀ ਪੀ ਰਹੇ ਹਨ।ਉਹ ਹੋਰ ਕੁੱਝ ਵੀ ਖਾ ਪੀ ਨਹੀਂ ਰਹੇ।
ਇਸ ਦੇ ਬਾਵਜੂਦ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਬਾਪੂ ਭੀਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਐਤਵਾਰ ਸਵੇਰੇ 5 ਵਜੇ ਝੋਟਾ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਤੋਂ ਮਾਨਸਾ ਲਈ ਰਵਾਨਾ ਕੀਤਾ ਜਾਵੇਗਾ। ਦੇਹ ਨੂੰ ਪਹਿਲਾਂ ਉਨ੍ਹਾਂ ਦੇ ਘਰ ਲਿਜਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਦੁਪਹਿਰ 12 ਵਜੇ ਤੋਂ 1 ਵਜੇ ਦੇ ਵਿਚਕਾਰ ਮਾਨਸਾ ਵਿਖੇ ਝੋਟਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।