ਬਿਆਸ ਦਰਿਆ ਦੀ ਢਾਅ ਨੂੰ ਰੋਕਣ ਲਈ ਸਾਂਝੀ ਕਾਰਵਾਈ ‘ਚ ਜੁੱਟਿਆ ਹੁਸ਼ਿਆਰਪੁਰ ਤੇ ਗੁਰਦਾਸਪੁਰ ਪ੍ਰਸ਼ਾਸਨ

ਬਿਆਸ ਦਰਿਆ ਦੀ ਢਾਅ ਨੂੰ ਰੋਕਣ ਲਈ ਸਾਂਝੀ ਕਾਰਵਾਈ ‘ਚ ਜੁੱਟਿਆ ਹੁਸ਼ਿਆਰਪੁਰ ਤੇ ਗੁਰਦਾਸਪੁਰ ਪ੍ਰਸ਼ਾਸਨ

-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਧਾਇਕ ਰਾਜਾ ਗਿੱਲ ਨਾਲ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

-ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਤੇ ਸੁਰੱਖਿਆ ਦਾ ਦਿੱਤਾ ਭਰੋਸਾ

-ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਦਰਿਆ ਕੰਢਿਆਂ ਦੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼

ਟਾਂਡਾ/ਹੁਸ਼ਿਆਰਪੁਰ, 18ਸਤੰਬਰ :.ਮਨਜਿੰਦਰ ਸਿੰਘ ਭੋਗਪੁਰ 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਰੜਾ, ਫੱਤਾ ਕੁੱਲਾ, ਬਹਾਦਰਪੁਰ ਅਤੇ ਰਾਜੋਆ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੌਕੇ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹਾਦਰਪੁਰ ਅਤੇ ਰਾਜੋਆ ਪਿੰਡ ਗੁਰਦਾਸਪੁਰ ਜ਼ਿਲ੍ਹੇ ਦੀ ਹੱਦ ਵਿਚ ਆਉਂਦੇ ਹਨ, ਪਰ ਇਹ ਪਿੰਡ ਟਾਂਡਾ ਦੇ ਪਿੰਡਾਂ ਦੇ ਨਾਲ ਲੱਗੇ ਹੋਏ ਹਨ। ਬਿਆਸ ਦਰਿਆ ਦਾ ਪਾਣੀ ਇਨ੍ਹਾਂ ਪਿੰਡਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਵਿਚ ਦਾਖ਼ਲ ਹੋਣ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਰਿਹਾ ਹੈ। ਬਹਾਦਰਪੁਰ ਅਤੇ ਰਾਜੋਆ ਵਿਚ ਦਰਿਆ ਕੰਡਿਆਂ ਨੂੰ ਢਾਹ ਲਗਾ ਕੇ ਅੱਗੇ ਵੱਧ ਰਿਹਾ ਹੈ, ਜਿਸ ਕਾਰਨ ਟਾਂਡਾ ਖੇਤਰ ਦੇ ਪਿੰਡ ਵੀ ਖ਼ਤਰੇ ਵਿਚ ਹਨ।

ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਸਾਂਝੇ ਤੌਰ 'ਤੇ ਰਾਹਤ ਅਤੇ ਸੁਰੱਖਿਆ ਕਾਰਜ ਚਲਾ ਰਹੇ ਹਨ। ਦੋਵਾਂ ਜ਼ਿਲ੍ਹਿਆਂ ਦੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਦਰਿਆਵਾਂ ਦੇ ਕੰਢਿਆਂ 'ਤੇ ਢਾਆ ਨੂੰ ਰੋਕਣ ਅਤੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਬਚਾਉਣ ਲਈ ਤੁਰੰਤ ਸਾਰੇ ਜ਼ਰੂਰੀ ਉਪਾਅ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਰੰਤਰ ਨਿਗਰਾਨੀ ਕਰਨ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਏਗਾ। ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.