ਖਡੂਰ ਸਾਹਿਬ ਹਲਕੇ ਵਿੱਚ ਅਕਾਲੀ ਦਲ ਨੂੰ ਮਿਲ ਰਿਹਾ ਭਰਵਾਂ ਸਮਰਥਨ- ਦਿਨੇਸ਼ ਕੰਗ,ਸਰਪੰਚ ਟੋਨੀ,ਗੁਰ ਸਿੱਧੂ
'ਆਪ' ਵਲੋਂ ਸ਼ੁਰੂ ਕੀਤੀ' ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਦੱਸਿਆ ਚੁਣਾਵੀ ਸਟੰਟ
ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਯੂਥ ਆਗੂ ਤੇ ਖੇਡ ਪ੍ਰਮੋਟਰ ਦਿਨੇਸ਼ ਕੰਗ,ਸਰਪੰਚ ਜੰਗਸ਼ੇਰ ਸਿੰਘ ਟੋਨੀ ਅਤੇ ਯੂਥ ਆਗੂ ਗੁਰ ਸਿੱਧੂ ਘੜਕਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹਰ ਰੋਜ਼ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਨਾਲ ਜੁੜ ਰਹੇ ਹਨ|
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ। ਪੰਜਾਬ ਵਿੱਚ ਬਣੇ ਹਵਾਈ ਅੱਡੇ, ਫ਼ੋਰਲੇਨ ਸੜਕਾਂ,ਬਿਜਲੀ ਉਤਪਾਦਨ ਸਮਰੱਥਾ ਵਿੱਚ ਵਾਧਾ ਅਤੇ ਹੋਰ ਵੱਡੇ ਵਿਕਾਸ ਪ੍ਰੋਜੈਕਟ ਅਕਾਲੀ ਦਲ ਦੀਆਂ ਸਰਕਾਰਾਂ ਦੀ ਦੇਣ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੋਰ ਸਰਕਾਰਾਂ ਦੇ ਕਾਰਜਕਾਲ ਦੌਰਾਨ ਵਿਕਾਸ ਦੀ ਰਫ਼ਤਾਰ ਉਸ ਪੱਧਰ ਤੱਕ ਨਹੀਂ ਪਹੁੰਚ ਸਕੀ।
ਅਕਾਲੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਇੱਕ ਚੋਣਾਵੀ ਸਟੰਟ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਕੀਤੇ ਵਾਅਦਿਆਂ ਦੀ ਯਾਦ ਸਾਢੇ ਚਾਰ ਸਾਲਾਂ ਤੱਕ ਨਹੀਂ ਆਈ ਅਤੇ ਹੁਣ ਚੋਣਾਂ ਨੇੜੇ ਆਉਣ 'ਤੇ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਪੂਰੀ ਤਰ੍ਹਾਂ ਜਾਗਰੂਕ ਅਤੇ ਸੂਝਵਾਨ ਹੈ ਅਤੇ ਲੋਕਾਂ ਨੂੰ ਪਤਾ ਹੈ ਕਿ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਕਿਹੜੀ ਪਾਰਟੀ ਨੇ ਅਤੀਤ ਵਿੱਚ ਕੰਮ ਕੀਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ।
Posted By: TAJEEMNOOR KAUR