ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇੱਕ ਵੱਡੀ ਨਾਕਾਮੀ ਹੈ-ਮੰਮੂ ਚਾਹਲ
ਕਿਹਾ-ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਘਟਨਾ ਬੇਹੱਦ ਦੁਖਦਾਈ
ਕਪੂਰਥਲਾ 15 ਅਕਤੂਬਰ ਗੌਰਵ ਮੜੀਆ
ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਘਟਨਾ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ।ਇਸ ਘਟਨਾ ਨੇ ਹਰ ਕਿਸੇ ਦੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਪੂਰਥਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਉੱਘੇ ਆਗੂ ਮਲਵਿੰਦਰ ਸਿੰਘ ਚਾਹਲ ਉਰਫ ਮੰਮੂ ਚਾਹਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਸ਼ਰੇਆਮ ਹੋਏ ਕਤਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।ਮੰਮੂ ਚਾਹਲ ਨੇ ਸਰਕਾਰ ਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਿੱਚ ਨਾਕਾਮ ਰਹੀ।ਮੰਮੂ ਚਾਹਲ ਨੇ ਮੰਗ ਕਰਦਿਆਂ ਕਿਹਾ ਕਿ ਮੈਡੀਕਲ ਸਟੋਰਾਂ ਤੇ ਵਿਕਣ ਵਾਲੇ ਨਸ਼ੀਲੇ ਕੈਪਸੂਲਾਂ(ਪਰੀ-ਗੈਬਲਿਨ/ਸਿਗਨੇਚਰ) ਨੂੰ ਸਖ਼ਤੀ ਨਾਲ ਐਨਡੀਪੀਐਸ ਐਕਟ ਦੇ ਅਧੀਨ ਲਿਆਂਦਾ ਜਾਵੇ।ਮੰਮੂ ਚਾਹਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖਿਲਾਫ਼ ਆਵਾਜ਼ ਚੁੱਕਣ ਵਾਲੇ ਸਮਾਜਿਕ ਕਾਰਕੁਨਾਂ, ਆਗੂਆਂ ਅਤੇ ਆਮ ਨਾਗਰਿਕਾਂ ਦੀਆਂ ਹੱਤਿਆਵਾਂ ਇੱਕ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਵਿਸ਼ਾ ਹੈ।ਇਹ ਸਥਿਤੀ ਸੂਬੇ ਵਿੱਚ ਕਾਨੂੰਨ ਵਿਵਸਥਾ, ਨਸ਼ਾ ਤਸਕਰਾਂ ਦੇ ਵਧਦੇ ਹੌਸਲੇ ਅਤੇ ਆਮ ਲੋਕਾਂ ਦੀ ਸੁਰੱਖਿਆ ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ।ਉਨ੍ਹਾਂ ਨੇ ਕਿਹਾ ਕਿ ਜਦੋਂ ਨਸ਼ਿਆਂ ਖਿਲਾਫ਼ ਬੋਲਣ ਵਾਲੇ ਕਿਸੇ ਵਿਅਕਤੀ ਦਾ ਕਤਲ ਹੁੰਦਾ ਹੈ,ਤਾਂ ਇਸਦਾ ਮਕਸਦ ਸਿਰਫ਼ ਉਸ ਇੱਕ ਵਿਅਕਤੀ ਨੂੰ ਖਤਮ ਕਰਨਾ ਨਹੀਂ,ਸਗੋਂ ਪੂਰੇ ਸਮਾਜ ਵਿੱਚ ਡਰ ਪੈਦਾ ਕਰਨਾ ਹੁੰਦਾ ਹੈ ਤਾਂ ਜੋ ਕੋਈ ਹੋਰ ਤਸਕਰਾਂ ਖਿਲਾਫ਼ ਬੋਲਣ ਦੀ ਹਿੰਮਤ ਨਾ ਕਰੇ।ਨਸ਼ਾ ਵਿਰੋਧੀ ਮੁਹਿੰਮਾਂ ਚਲਾਉਣ ਵਾਲੇ ਜਾਂ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗਦੇ ਹਨ।ਮੰਮੂ ਚਾਹਲ ਨੇ ਕਿਹਾ ਕਿ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇੱਕ ਵੱਡੀ ਨਾਕਾਮੀ ਹੈ।ਕਈ ਵਾਰ ਸਥਾਨਕ ਪੱਧਰ ਤੇ ਪੁਲਿਸ ਜਾਂ ਸਿਆਸੀ ਆਗੂਆਂ ਦੀ ਤਸਕਰਾਂ ਨਾਲ ਮਿਲੀਭੁਗਤ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ,ਜਿਸ ਨਾਲ ਇਨਸਾਫ਼ ਦੀ ਉਮੀਦ ਧੁੰਦਲੀ ਹੋ ਜਾਂਦੀ ਹੈ।ਮੰਮੂ ਚਾਹਲ ਨੇ ਕਿਹਾ ਕਿ ਦੇਸ਼ ਅਤੇ ਸਮਾਜ ਨੂੰ ਬਚਾਉਣ ਦੀ ਖਾਤਰ ਲੜਨ ਵਾਲੇ ਲੋਕ ਆਪਣੀ ਜਾਨ ਗੁਆ ਬੈਠਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਬੇਸਹਾਰਾ ਹੋ ਜਾਂਦੇ ਹਨ।ਉਨ੍ਹਾਂਨੇ ਕਿਹਾ ਕਿ ਨਸ਼ਾ ਵਿਰੋਧੀ ਕਾਰਕੁਨਾਂ ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਫਾਸਟ-ਟਰੈਕ ਅਦਾਲਤਾਂ ਰਾਹੀਂ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ।ਜੋ ਲੋਕ ਨਸ਼ਿਆਂ ਵਿਰੁੱਧ ਖੁੱਲ੍ਹ ਕੇ ਬੋਲਦੇ ਹਨ ਜਾਂ ਪੁਲਿਸ ਦੀ ਮਦਦ ਕਰਦੇ ਹਨ,ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇ ਅਤੇ ਲੋੜ ਪੈਣ ਤੇ ਪੂਰੀ ਸੁਰੱਖਿਆ ਦਿੱਤੀ ਜਾਵੇ।ਮੰਮੂ ਚਾਹਲ ਨੇ ਕਿਹਾ ਕਿ ਸਰਕਾਰ ਅਤੇ ਸਮਾਜ ਨੂੰ ਮਿਲ ਕੇ ਇੱਕ ਅਜਿਹਾ ਸੁਰੱਖਿਅਤ ਮਾਹੌਲ ਸਿਰਜਣਾ ਚਾਹੀਦਾ ਹੈ ਜਿੱਥੇ ਨਸ਼ਾ ਵਿਰੋਧੀ ਆਵਾਜ਼ਾਂ ਦਬਣ ਦੀ ਬਜਾਏ ਹੋਰ ਬੁਲੰਦ ਹੋਣ।ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ,ਤਾਂ ਜੋ ਲੋਕ ਬਿਨ੍ਹਾਂ ਕਿਸੇ ਡਰ ਦੇ ਆਪਣਾ ਜੀਵਨ ਬਤੀਤ ਕਰ ਸਕਣ।ਮੰਮੂ ਚਾਹਲ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ।ਉਨ੍ਹਾਂ ਮੰਗ ਕੀਤੀ ਕਿ ਜਾਂਚ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
Posted By: Gaurav Maria