ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ - ਐਡਵੋਕੇਟ ਧਾਮੀ
- ਅੰਤਰਰਾਸ਼ਟਰੀ
- (Asia/Kolkata)
ਅੰਮ੍ਰਿਤਸਰ, 28 ਅਗਸਤ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ - ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਆਖਿਆ ਹੈ।
ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਦੀਆਂ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਇਨ੍ਹਾਂ ਨੂੰ ਢਾਹ ਕੇ ਵਪਾਰਕ ਉਸਾਰੀਆਂ ਕਰਨਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਆਖਿਆ ਕਿ ਉਹ ਤੁਰੰਤ ਦਖ਼ਲ ਦੇ ਕੇ ਚੱਲ ਰਹੀ ਉਸਾਰੀ ਨੂੰ ਰੋਕਣ ਅਤੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਸਿੱਖ ਕੌਮ ਦੇ ਹਵਾਲੇ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟ-ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ਤੇ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ।
Leave a Reply