ਜੂਨ 1984 ਘੱਲੂਘਾਰੇ ਦੇ ਆਖ਼ਰੀ ਸ਼ਹੀਦ ਭਾਈ ਮੇਜਰ ਸਿੰਘ ਨਾਗੋਕੇ ਦੀ ਯਾਦ 'ਚ ਕਰਵਾਇਆ ਸ਼ਹੀਦੀ ਸਮਾਗਮ
- ਧਾਰਮਿਕ/ਰਾਜਨੀਤੀ
- 15 Jun, 2025 07:08 PM (Asia/Kolkata)
ਸੰਤ ਜਰਨੈਲ ਸਿੰਘ ਸਿੱਖਾਂ ਦੇ ਮਹਾਂਨਾਇਕ ਹਨ : ਜਥੇਦਾਰ ਅਕਾਲ ਤਖ਼ਤ ਸਾਹਿਬ
ਅੰਮ੍ਰਿਤਸਰ, 15 ਜੂਨ , ਨਜ਼ਰਾਨਾ ਟਾਈਮਜ ਬਿਊਰੋ
ਜੂਨ 1984 ਘੱਲੂਘਾਰੇ ਦੇ ਆਖ਼ਰੀ ਸ਼ਹੀਦ ਭਾਈ ਮੇਜਰ ਸਿੰਘ ਨਾਗੋਕੇ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ ਉਹਨਾਂ ਦੇ ਪਿੰਡ ਨਾਗੋਕੇ, ਨੇੜੇ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਕੀਰਤਨ ਹੋਇਆ, ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਖ਼ਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ ਅਤੇ ਭਾਈ ਰਜਿੰਦਰ ਸਿੰਘ ਮੁਗਲਵਾਲਾ ਆਦਿ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਪੰਥਕ ਆਗੂਆਂ ਵੱਲੋਂ ਸ਼ਹੀਦ ਭਾਈ ਮੇਜਰ ਸਿੰਘ ਨਾਗੋਕੇ ਦੇ ਸਪੁੱਤਰ ਭਾਈ ਕੁਲਦੀਪ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਨ ਵਾਲੇ ਅਬਦਾਲੀ ਅਤੇ ਇੰਦਰਾ ਗਾਂਧੀ ਸਿੱਖਾਂ ਲਈ ਦੁਸ਼ਟ ਪਾਪੀ ਅਤੇ ਖਲਨਾਇਕ ਹਨ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਭਾਈ ਮੇਜਰ ਸਿੰਘ ਨਾਗੋਕੇ ਸਾਡੇ ਨਾਇਕ, ਯੋਧੇ ਤੇ ਮਹਾਨ ਸ਼ਹੀਦ ਹਨ। ਸੰਤ ਰਾਮ ਸਿੰਘ ਜੀ ਸੰਗਰਾਵਾਂ ਨੇ ਕਿਹਾ ਕਿ ਜੂਨ 1984 ਦੇ ਹਮਲੇ ਨਾਲ ਖ਼ਾਲਿਸਤਾਨ ਦੀ ਨੀਂਹ ਰੱਖੀ ਗਈ ਸੀ ਤੇ ਹੁਣ ਸਾਡਾ ਮੁਲਕ ਵੀ ਬਣੇਗਾ, ਇਹ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ 'ਚ ਲੜਨ ਵਾਲੇ ਯੋਧੇ ਮਹਾਨ ਰੂਹਾਂ ਸਨ, ਉਹਨਾਂ ਤੋਂ ਪ੍ਰੇਰਨਾ ਲੈ ਕੇ ਸਿੱਖ ਕੌਮ ਆਪਣਾ ਭਵਿੱਖ ਰੋਸ਼ਨ ਕਰਦੀ ਰਹੇਗੀ, ਸਾਡੇ ਸ਼ਹੀਦਾਂ ਦੇ ਸੁਪਨੇ ਨੂੰ ਅਸੀਂ ਹਕੀਕਤ ਵਿੱਚ ਬਦਲਾਂਗੇ। ਹਰ ਸਿੱਖ ਨੂੰ ਖ਼ਾਲਿਸਤਾਨ ਦੀ ਪ੍ਰਾਪਤੀ ਲਈ ਅਰਦਾਸ ਅਤੇ ਸੰਘਰਸ਼ ਕਰਨਾ ਚਾਹੀਦਾ ਹੈ।
Leave a Reply