ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਭਾਈ ਮਰਦਾਨਾ ਜੀ ਦਾ ਜੀਵਨ ਸਿੱਖ ਇਤਿਹਾਸ ’ਚ ਸੇਵਾ, ਸਮਰਪਣ ਅਤੇ ਗੁਰੁ ਪ੍ਰਤੀ ਅਟੁੱਟ ਸ਼ਰਧਾ ਦੀ ਵਿਲੱਖਣ ਮਿਸਾਲ- ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਨਵੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਵਰਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ ਅਤੇ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ।

ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਮਰਦਾਨਾ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਜਿਹੇ ਅਨਿੰਨ ਸਾਥੀ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਸਾਹਿਬ ਦੀ ਸੰਗਤ ਅਤੇ ਸੇਵਾ ਵਿਚ ਬਤੀਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚ ਪਈਆਂ ਵੰਡੀਆਂ ਤੋਂ ਉੱਪਰ ਉੱਠ ਕੇ ਭਾਈ ਮਰਦਾਨਾ ਜੀ ਨੂੰ ਆਪਣਾ ਸਾਥੀ ਬਣਾਇਆ ਅਤੇ ਉਨ੍ਹਾਂ ਰਾਹੀਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਦਾ ਜੀਵਨ ਸਿੱਖ ਸੰਗਤਾਂ ਲਈ ਪ੍ਰੇਰਣਾ ਦਾ ਸ੍ਰੋਤ ਹੈ, ਉਨ੍ਹਾਂ ਨੇ ਗੁਰੂ ਸਾਹਿਬ ਨਾਲ ਰਹਿੰਦਿਆਂ ਰਬਾਬ ਰਾਹੀਂ ਗੁਰਬਾਣੀ ਕੀਰਤਨ ਦੀ ਅਜਿਹੀ ਸੇਵਾ ਨਿਭਾਈ ਜਿਸ ਨੇ ਗੁਰਬਾਣੀ ਅਤੇ ਸੰਗੀਤ ਦੇ ਸੁਮੇਲ ਨੂੰ ਇਕ ਨਵੀਂ ਪਛਾਣ ਦਿੱਤੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੁਆਰਾ ਗੁਰੂ ਸਾਹਿਬ ਨਾਲ ਨਿਭਾਈ ਸੇਵਾ ਤੋਂ ਪ੍ਰੇਰਣਾ ਲੈ ਕੇ ਨਿਮਰਤਾ ਅਤੇ ਗੁਰੂ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਆਪਣੇ ਜੀਵਨ ਵਿਚ ਵਸਾਉਣ ਦੀ ਅਪੀਲ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਸ. ਸਤਬੀਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਸ. ਗੁਰਿੰਦਰ ਸਿੰਘ ਭੋਮਾਂ, ਸ. ਹਰਵਿੰਦਰ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਸ. ਰਜਿੰਦਰ ਸਿੰਘ ਬਿੱਟੂ, ਸ. ਪੰਮਾ ਸਿੰਘ, ਸ੍ਰੀ ਰੰਗਾ ਸਾਈ, ਸ. ਦਮਨਪ੍ਰੀਤ ਸਿੰਘ ਤੇ ਹੋਰ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.