Nazrana Times

ਪੰਜਾਬੀ

ਗੁਰਪਤਵੰਤ ਸਿੰਘ ਪੰਨੂ ਕਤਲ ਸਾਜਿਸ਼ ਮਾਮਲਾ : ਗੁਪਤਾ ਨੂੰ ਸਜ਼ਾ, ਭਾਈ ਗੁਰਪ੍ਰੀਤ ਸਿੰਘ ਵੱਲੋਂ ਅਮਰੀਕਾ ਦਾ ਧੰਨਵਾਦ

24 Nov, 2026 01:54 PM

ਚੰਡੀਗੜ੍ਹ, 24 ਨਵੰਬਰ , ਰਣਜੀਤ ਸਿੰਘ ਖਾਲਸਾ 

ਖਾਲਿਸਤਾਨੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਨਿਊਯਾਰਕ ਦੀ ਸੰਘੀ ਅਦਾਲਤ ਵੱਲੋਂ ਨਿਖਿਲ ਗੁਪਤਾ ਨੂੰ 235 ਮਹੀਨਿਆਂ, ਯਾਨੀ 19 ਸਾਲ 7 ਮਹੀਨਿਆਂ ਦੀ ਕੈਦ ਸੁਣਾਏ ਜਾਣ ’ਤੇ ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਅਮਰੀਕਾ ਸਰਕਾਰ ਦਾ ਧੰਨਵਾਦ ਕੀਤਾ। ਗੁਪਤਾ ਨੇ ਇਸੇ ਸਾਲ ਫ਼ਰਵਰੀ ਵਿੱਚ ਆਪਣਾ ਦੋਸ਼ ਕਬੂਲ ਕੀਤਾ ਸੀ। ਅਮਰੀਕੀ ਨਿਆਂ ਵਿਭਾਗ ਮੁਤਾਬਕ, ਗੁਪਤਾ ਨੇ ਭਾਰਤ ਸਰਕਾਰ ਦੇ ਇੱਕ ਕਰਮਚਾਰੀ ਦੇ ਨਿਰਦੇਸ਼ਾਂ ਹੇਠ ਇਸ ਸਾਜ਼ਿਸ਼ ਵਿੱਚ ਹਿੱਸਾ ਲਿਆ ਸੀ।

ਭਾਈ ਗੁਰਪ੍ਰੀਤ ਸਿੰਘ ਨੇ ਕੈਨੇਡਾ ਵਿੱਚ ਭਾਈ ਹਰਦੀਪ ਸਿੰਘ ਨਿੱਜਰ ਅਤੇ ਪਾਕਿਸਤਾਨ ਵਿੱਚ ਭਾਈ ਪਰਮਜੀਤ ਸਿੰਘ ਪੰਜਵੜ ਦੇ ਕਤਲਾਂ ਦੇ ਨਾਲ-ਨਾਲ ਇੰਗਲੈਂਡ ਵਿੱਚ ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਇਨ੍ਹਾਂ ਮਾਮਲਿਆਂ ਵਿੱਚ ਭਾਰਤ ਸਰਕਾਰ ਦੀ ਭੂਮਿਕਾ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਿਵੇਂ ਕੈਨੇਡਾ ਸਰਕਾਰ ਨੇ ਨਿੱਜਰ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਕਥਿਤ ਭੂਮਿਕਾ ਬਾਰੇ ਜਨਤਕ ਤੌਰ ’ਤੇ ਗੱਲ ਕੀਤੀ, ਉਵੇਂ ਹੀ ਬਰਤਾਨੀਆ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੀ ਆਪੋ-ਆਪਣੇ ਦੇਸ਼ ਵਿੱਚ ਵਾਪਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਉਸ ਦੇ ਨਤੀਜੇ ਜਨਤਕ ਕਰਨ।

ਉਨ੍ਹਾਂ ਕਿਹਾ ਕਿ ਭਾਈ ਗੁਰਪਤਵੰਤ ਸਿੰਘ ਪੰਨੂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਹਜ਼ਾਰਾਂ ਸ਼ਹੀਦਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਖ਼ਾਲਿਸਤਾਨ ਰੈਫਰੈਂਡਮ ਦੀ ਮੁਹਿੰਮ ਚਲਾ ਰਹੇ ਹਨ। ਭਾਈ ਗੁਰਪ੍ਰੀਤ ਸਿੰਘ ਨੇ ਇਸ ਮੁਹਿੰਮ ਨੂੰ ਕਾਨੂੰਨੀ ਦਾਇਰੇ ਅੰਦਰ ਚੱਲ ਰਹੀ ਸ਼ਾਂਤਮਈ ਸਿਆਸੀ ਸਰਗਰਮੀ ਦੱਸਿਆ। ਉਨ੍ਹਾਂ ਕਿਹਾ ਕਿ ਸਿਆਸੀ ਵਿਚਾਰ ਰੱਖਣ ਜਾਂ ਉਨ੍ਹਾਂ ਦੇ ਹੱਕ ਵਿੱਚ ਮੁਹਿੰਮ ਚਲਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਹਿੰਸਾ ਦਾ ਨਿਸ਼ਾਨਾ ਬਣਾਉਣਾ ਨਿੰਦਣਯੋਗ ਹੈ।

ਭਾਈ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਉੱਤੇ ਫ਼ੌਜੀ ਹਮਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹੇ ਜਾਣ ਦੇ ਜ਼ਖ਼ਮ ਸਿੱਖ ਕੌਮ ਅੱਜ ਵੀ ਮਹਿਸੂਸ ਕਰਦੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦਾ ਹਵਾਲਾ ਦਿੰਦਿਆਂ ਇਨ੍ਹਾਂ ਕਾਰਵਾਈਆਂ ਨੂੰ ਸਿੱਖਾਂ ਦੀ ਨਸਲਕੁਸ਼ੀ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਵਿਦੇਸ਼ਾਂ ਵਿੱਚ ਖ਼ਾਲਿਸਤਾਨ ਪੱਖੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਦੀ ਪੂਰੀ ਜਾਂਚ ਹੋਵੇ ਅਤੇ ਜਿਨ੍ਹਾਂ ਦੀ ਭੂਮਿਕਾ ਸਬੂਤਾਂ ਨਾਲ ਸਾਹਮਣੇ ਆਵੇ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

Posted By: ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Latest News