ਨਸ਼ਿਆਂ ਵਿਰੁੱਧ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਇਕਜੁੱਟਤਾ ਦੀ ਅਪੀਲ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੀ ਅੱਜ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਕੱਲ੍ਹ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਗਈ। ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਹਿਰ ਨੇ ਨੌਜਵਾਨਾਂ ਅਤੇ ਧੀਆਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨਸ਼ਿਆਂ ਦੀ ਇਸ ਅਲਾਮਤ ਨੂੰ ਖ਼ਤਮ ਕਰਨ ਲਈ ਸਮੁੱਚੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ।
ਜਥੇਬੰਦੀਆਂ ਨੇ ਐਲਾਨ ਕੀਤਾ ਕਿ ਪੰਜਾਬ ਬੰਦ ਕੱਲ੍ਹ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ। ਉਨ੍ਹਾਂ ਸਮੂਹ ਸਕੂਲਾਂ, ਕਾਲਜਾਂ, ਟਰਾਂਸਪੋਰਟਰਾਂ, ਮਜ਼ਦੂਰ ਭਰਾਵਾਂ, ਰੇਹੜੀ-ਫੜ੍ਹੀ ਵਾਲਿਆਂ, ਵਪਾਰ ਮੰਡਲ ਦੀਆਂ ਯੂਨੀਅਨਾਂ, ਮੁਲਾਜ਼ਮਾਂ, ਦੁੱਧ ਉਤਪਾਦਕਾਂ ਸਾਰੇ ਦੁਕਾਨਦਾਰ ਅਤੇ ਹੋਰ ਵਰਗਾਂ ਨੂੰ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਗਿਆ ਕਿ ਬੰਦ ਦੌਰਾਨ ਸਾਰੀਆਂ ਮੈਡੀਕਲ ਸੇਵਾਵਾਂ ਬਹਾਲ ਰਹਿਣਗੀਆਂ।
ਜਥੇਬੰਦੀਆਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੱਲ੍ਹ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸੇ ਤਹਿਤ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸਵੇਰੇ ਵੱਡਾ ਇਕੱਠ ਕਰਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਇਸ ਗੰਭੀਰ ਸੰਕਟ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਬੰਦ ਨੂੰ ਸਫ਼ਲ ਬਣਾਉਣਾ ਨਸ਼ਿਆਂ ਵਿਰੁੱਧ ਪੰਜਾਬੀਆਂ ਦੀ ਸਾਂਝੀ ਲੜਾਈ ਨੂੰ ਮਜ਼ਬੂਤ ਕਰੇਗਾ। ਸਮੂਹ ਪੰਜਾਬੀਆਂ ਨੂੰ ਇਸ ਬੰਦ ਵਿੱਚ ਸਰਗਰਮ ਭੂਮਿਕਾ ਨਿਭਾ ਕੇ ਨਸ਼ਾ ਮਾਫੀਆ ਵੱਲੋਂ ਕਤਲ ਕੀਤੇ ਗਏ ਪਰਮਿੰਦਰ ਸਿੰਘ ਚੋਟਾ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ ਅਤੇ ਉਸਦੇ ਮਾਂ ਪਿਓ ਨੂੰ ਹੌਸਲਾ ਦੇਣਾ ਚਾਹੀਦਾ ਵੀ ਪੰਜਾਬ ਸਾਰਾ ਤੁਹਾਡੇ ਨਾਲ ਹੈ।
ਵੱਲੋਂ: ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ