Nazrana Times

ਪੰਜਾਬੀ

ਪੁਲਿਸ ਥਾਣਾ ਚੋਹਲਾ ਸਾਹਿਬ ਦੇ ਨਵੇਂ ਐਸਐਚਓ ਵਜੋਂ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਚਾਰਜ

07 Nov, 2026 08:09 PM

ਸਮਾਜ ਵਿਰੋਧੀ ਅਨਸਰਾਂ,ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਕੀਤੀ ਸਖ਼ਤ ਤਾੜਨਾ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,7 ਨਵੰਬਰ

ਪੁਲਿਸ ਥਾਣਾ ਚੋਹਲਾ ਸਾਹਿਬ ਦੇ ਨਵ-ਨਿਯੁਕਤ ਐਸਐਚਓ ਸਬ-ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਥਾਣਾ ਚੋਹਲਾ ਸਾਹਿਬ ਦੇ ਮੁਖੀ ਰਹੇ ਸਬ-ਇੰਸਪੈਕਟਰ ਰਣਜੀਤ ਸਿੰਘ ਦਾ ਤਬਾਦਲਾ ਪੁਲਿਸ ਥਾਣਾ ਵੈਰੋਵਾਲ ਵਿਖੇ ਹੋ ਗਿਆ ਹੈ।ਨਵੇਂ ਐਸਐਚਓ ਅੰਮ੍ਰਿਤਪਾਲ ਸਿੰਘ ਸੀਆਈਏ ਸਟਾਫ਼ ਤਰਨਤਾਰਨ ਤੋਂ ਬਦਲ ਕੇ ਥਾਣਾ ਚੋਹਲਾ ਸਾਹਿਬ ਵਿਖੇ ਆਏ ਹਨ।
ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਥਾਣੇ ਵਿੱਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਹਰੇਕ ਵਿਅਕਤੀ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇਗਾ ਅਤੇ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੁਲਿਸ ਥਾਣੇ ਵਿੱਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਪੁਲਿਸ ਦੀ ਮੁੱਖ ਤਰਜੀਹ ਰਹੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐਸਪੀ ਹਰਿੰਦਰ ਸਿੰਘ ਦੀ ਅਗਵਾਈ ਹੇਠ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਚੱਲ ਰਹੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ। ਇਸ ਤਹਿਤ ਪੁਲਿਸ ਪਾਰਟੀ ਸਮੇਤ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੇ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਇਲਾਕੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਰਹੇ।
ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਗੈਰ-ਕਾਨੂੰਨੀ ਅਤੇ ਸਮਾਜ ਵਿਰੋਧੀ ਹਰਕਤਾਂ ਤੋਂ ਤੁਰੰਤ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਐਸਐਚਓ ਨੇ ਇਲਾਕਾ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸਮਾਜ ਵਿਰੋਧੀ ਅਨਸਰ ਨਜ਼ਰ ਆਉਂਦਾ ਹੈ ਜਾਂ ਕਿਸੇ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੇ ਨਾਮ ਅਤੇ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ।
ਐਸਐਚਓ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਇਲਾਕੇ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।

Latest News