ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਅਤੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਸਮੂਹ ਗੁਰਦੁਆਰਾ ਸਾਹਿਬਾਨ 'ਚ ਹੋਵੇਗੀ ਅਰਦਾਸ
ਅੰਮ੍ਰਿਤਸਰ, 26 ਅਕਤੂਬਰ- ਕੰਵਰ ਪ੍ਰਤਾਪ ਸਿੰਘ
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ, ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਪੰਜਾਬ ਦੀ ਕਾਮਨਾ ਲਈ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ ਕੀਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਰਾਹੀਂ ਬਰਬਾਦ ਕੀਤਾ ਜਾ ਰਿਹਾ ਹੈ ਜੋ ਕੌਮ ਲਈ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਅੱਗੇ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣ, ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਦੇ ਮਾਰਗ ’ਤੇ ਚੱਲਦਿਆਂ ਸਿਹਤਮੰਦ, ਸੁਰੱਖਿਅਤ ਅਤੇ ਚੜ੍ਹਦੀ ਕਲਾ ਵਾਲਾ ਜੀਵਨ ਬਤੀਤ ਕਰਨ ਦੀ ਸਮਰੱਥਾ ਬਖ਼ਸ਼ਣ ਲਈ ਅਰਦਾਸ ਕੀਤੀ ਜਾਵੇਗੀ।
ਉਨ੍ਹਾਂ ਦੇਸ਼ ਵਿਦੇਸ਼ ਵਿੱਚ ਵਸਦੀ ਸਮੁੱਚੀ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ, ਨੌਜਵਾਨਾਂ ਦੀ ਸੰਭਾਲ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰਨ।