ਅਕਾਲੀ ਦਲ ਦਾ ਦੋਗਲਾ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋਇਆ: ਸੈਣੀ, ਮਾਹਲ, ਸ਼ਾਹਪੁਰ
ਅੱਪਰਾ 28 ਨਵੰਬਰ, (ਤੀਰਥ ਸਿੰਘ ਮੈਂਗੜ੍ਹਾ)-ਆਮ ਆਦਮੀ ਪਾਰਟੀ (ਆਪ) ਦੇ ਸੰਗਠਨ ਇੰਚਾਰਜ ਡਾਕਟਰ ਵਰਿੰਦਰ ਸਿੰਘ ਸੈਣੀ, ਕਿਸਾਨ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਪਰਮਿੰਦਰ ਸਿੰਘ ਮਾਹਲ ਅਤੇ ਮੀਡੀਆ ਇੰਚਾਰਜ ਮਨਦੀਪ ਸਿੰਘ ਸ਼ਾਹਪੁਰ ਨੇ ਅਕਾਲੀ ਦਲ ਅਤੇ ਭਾਜਪਾ ਵੱਲੋਂ ਮੁੜ ਗਠਜੋੜ ਕਰਨ ਦੀਆਂ ਚਰਚਾਵਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਨੇ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਕਿਸਾਨੀ ਸੰਘਰਸ਼ ਨਾਲ ਜੁੜੇ ਮੁੱਦਿਆਂ ਨੂੰ ਪਿੱਛੇ ਛੱਡ ਕੇ ਸੱਤਾ ਦੀ ਸਿਆਸਤ ਨੂੰ ਤਰਜੀਹ ਦਿੱਤੀ ਹੈ।
ਆਗੂਆਂ ਨੇ ਕਿਹਾ ਕਿ ਸਾਲ 2020 ਵਿੱਚ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਅਕਾਲੀ ਦਲ ਨੇ ਕਿਸਾਨਾਂ ਦੇ ਹਿੱਤਾਂ ਦਾ ਹਵਾਲਾ ਦੇ ਕੇ ਭਾਜਪਾ ਨਾਲੋਂ ਗਠਜੋੜ ਤੋੜਿਆ ਸੀ ਅਤੇ ਖ਼ੁਦ ਨੂੰ ਕਿਸਾਨਾਂ ਦਾ ਹਮਦਰਦ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਹੁਣ ਛੇ ਸਾਲ ਬਾਅਦ ਮੁੜ ਭਾਜਪਾ ਨਾਲ ਹੱਥ ਮਿਲਾਉਣ ਨਾਲ ਅਕਾਲੀ ਦਲ ਦਾ ਅਸਲ ਕਿਰਦਾਰ ਅਤੇ ਦੋਗਲਾ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਦੋਵਾਂ ਪਾਰਟੀਆਂ ਦਾ ਸਿਆਸੀ ਆਧਾਰ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਅਤੇ ਹੁਣ ਇਹ ਮੁੜ ਤੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਦੋਹਰੇ ਚਰਿੱਤਰ ਨੂੰ ਚੰਗੀ ਤਰ੍ਹਾਂ ਪਛਾਣ ਚੁੱਕੇ ਹਨ। ਅਕਾਲੀ-ਭਾਜਪਾ ਦੇ ਪਿਛਲੇ ਕਾਰਜਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਦਾ ਬੋਲਬਾਲਾ ਰਿਹਾ, ਜਿਸ ਕਾਰਨ ਪੰਜਾਬ ਤਰੱਕੀ ਦੀ ਦੌੜ ਵਿੱਚ ਪਿੱਛੇ ਰਹਿ ਗਿਆ।
ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇਨ੍ਹਾਂ ਮੌਕਾਪ੍ਰਸਤ ਗਠਜੋੜਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਮੁੜ ਤੋਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ 'ਤੇ ਮੋਹਰ ਲਾਉਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਵਿਰੋਧੀਆਂ ਦੀਆਂ ਸਿਆਸੀ ਚਾਲਾਂ ਦਾ ਪਰਦਾਫ਼ਾਸ਼ ਕਰਨ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ।
Leave a Reply