ਵੈਸਾਖੀ ਪੁਰਬ ਮੌਕੇ ਪਾਕਿਸਤਾਨ ਸਰਕਾਰ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਕੀਤੇ ਜਾਰੀ
- ਧਾਰਮਿਕ/ਰਾਜਨੀਤੀ
- 10 Apr, 2025 09:51 AM (Asia/Kolkata)
ਅੰਮ੍ਰਿਤਸਰ 10 ਅਪ੍ਰੈਲ, ਤਾਜੀਮਨੂਰ ਕੌਰ ਅਨੰਦਪੁਰੀ
ਖੁਸ਼ੀ ਵਾਲੀ ਗੱਲ ਹੈ ਕਿ ਇਸ ਸਾਲ ਲਹਿੰਦੇ ਪੰਜਾਬ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗੁਆਂਢੀ ਮੁਲਕ ਦੀ ਸਰਕਾਰ ਨੇ ਵੱਡੀ ਗਿਣਤੀ ਵਿੱਚ ਵੀਜ਼ੇ ਜਾਰੀ ਕੀਤੇ ਹਨ। ਲਹਿੰਦੇ ਪੰਜਾਬ ਵਾਲੇ ਪਾਸੇ ਸਿੱਖਾਂ ਦੇ ਬਹੁਤ ਵੱਡੀ ਗਿਣਤੀ ਵਿੱਚ ਗੁਰਧਾਮ ਅਤੇ ਸਿੱਖ ਵਿਰਾਸਤ ਮੌਜੂਦ ਹੈ, ਜਿਸ ਦੇ ਦਰਸ਼ਨ ਕਰਨ ਲਈ ਹਰ ਸਿੱਖ ਆਪਣੇ ਮਨ ਅੰਦਰ ਡੂੰਘੀ ਤਾਂਘ ਰੱਖਦਾ ਹੈ। ਗੁਰੂ ਭਲੀ ਕਰੇ ਜਿਵੇਂ ਹਰ ਸਿੱਖ ਰੋਜ਼ਾਨਾ ਅਰਦਾਸ ਵਿੱਚ ਬੇਨਤੀ ਕਰਦਾ ਹੈ - ਖੁੱਲ੍ਹੇ ਦਰਸ਼ਨ ਦੀਦਾਰ ਵੀ ਜ਼ਰੂਰ ਹੋਣਗੇ।
ਅਖ਼ਬਾਰਾਂ ਵਿੱਚ ਛਪੀਆਂ ਰਿਪੋਰਟਾਂ ਮੁਤਾਬਕ ਲਗਭਗ ਸੱਤ ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਇਸ ਸਾਲ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮੁੱਖ ਸਮਾਗਮ ਵਿੱਚ ਸ਼ਮੂਲੀਅਤ ਕਰਨ ਅਤੇ ਹੋਰ ਗੁਰਧਾਮਾਂ ਵਿਖੇ ਨਤਮਸਤਕ ਹੋਣ ਲਈ ਵੀਜ਼ੇ ਜਾਰੀ ਕੀਤੇ ਗਏ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਕੁੱਲ 1942 ਸਿੱਖ ਸ਼ਰਧਾਲੂਆਂ ਦੀ ਸੂਚੀ ਵਿੱਚੋਂ ਸਾਰਿਆਂ ਨੂੰ ਹੀ ਵੀਜ਼ੇ ਦਿੱਤੇ ਗਏ ਹਨ। ਸਿੱਖ ਜਥੇ ਅੱਜ 10 ਅਪ੍ਰੈਲ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਦਾਖਲ ਹੋਣਗੇ। ਇਸ ਸਾਲ ਦੋ ਗਰੁੱਪ ਬਣਾਏ ਗਏ ਹਨ, ਪਹਿਲਾ ਵਾਹਗਾ ਤੋਂ ਸਿੱਧਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜਾਵੇਗਾ ਅਤੇ ਦੂਜਾ ਵਾਹਗਾ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਲਈ ਜਾਵੇਗਾ। ਦੋਵੇਂ ਗਰੁੱਪ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਦੇ ਹੋਏ ਮਿਤੀ 14 ਅਪ੍ਰੈਲ ਨੂੰ ਸ੍ਰੀ ਪੰਜਾ ਸਾਹਿਬ ਵਿਖੇ ਇਕੱਤਰ ਹੋਣਗੇ ਅਤੇ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ।
ਜਨਵਰੀ 2025 ਵਿੱਚ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ - ਮੁੱਖ ਸਕੱਤਰ ਸ. ਕੁਲਵੰਤ ਸਿੰਘ, ਮੈਂਬਰ ਸ. ਰਜਿੰਦਰ ਪਾਲ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ - ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਉੱਚ ਅਧਿਕਾਰੀ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਦੌਰਾਨ ਇੱਕ ਪੱਤਰ ਰਾਹੀਂ ਇਹ ਦੱਸਿਆ ਗਿਆ ਸੀ ਕਿ ਸਿੱਖ ਸੰਸਥਾ ਵੱਲੋਂ ਭੇਜੀ ਜਾਣ ਵਾਲੀ ਸੂਚੀ ਵਿੱਚੋਂ ਪਿਛਲੇ ਸਾਲਾਂ ਵਿੱਚ ਬਹੁਤ ਸਾਰੇ ਸਿੱਖ ਸ਼ਰਧਾਲੂਆਂ ਦੇ ਨਾਮ ਕੱਟ ਕੇ ਉਨ੍ਹਾਂ ਨੂੰ ਵੀਜ਼ਾ ਜਾਰੀ ਨਹੀਂ ਕੀਤੇ ਗਏ ਸਨ, ਜਿਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ, ਇਸ ਲਈ ਆਉਣ ਵਾਲੇ ਸਮੇਂ ਵਿੱਚ ਅਜਿਹਾ ਨਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਜਾਣ ਵਾਲੀ ਸੂਚੀ ਅਨੁਸਾਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਸ ਸਾਲ 30 ਮਈ 2025 (ਜੇਠ ਸੁਦੀ ੪) ਨੂੰ ਆ ਰਹੇ ਸ਼ਹੀਦੀ ਦਿਹਾੜੇ ਮੌਕੇ ਵੀ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਲਈ ਵੀ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ ਸੀ।
Leave a Reply