ਪੰਜਾਬ ਆ ਕੇ ਅਮਿਤ ਸ਼ਾਹ ਨਸ਼ਿਆਂ ਦੇ ਮੁੱਦੇ 'ਤੇ ਰਾਜਨੀਤੀ ਨਾ ਕਰਨ-ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਆ ਕੇ ਅਮਿਤ ਸ਼ਾਹ ਨਸ਼ਿਆਂ ਦੇ ਮੁੱਦੇ 'ਤੇ ਰਾਜਨੀਤੀ ਨਾ ਕਰਨ-ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਕੀਤੇ ਕਈ ਤਰ੍ਹਾਂ ਦੇ ਸਵਾਲ।

ਬਿੰਦਰ ਸਿੰਘ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰ
ਚੰਡੀਗੜ੍ਹ , 20 ਅਕਤੂਬਰ 

​:ਕੇਂਦਰ ਸਰਕਾਰ ਸਿਆਸੀ ਹਿੱਤਾਂ ਤਹਿਤ ਜਾਣਬੁੱਝ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਰਾਜਨੀਤਿਕ ਸਾਜ਼ਿਸ਼ ਰਚ ਰਹੀ ਹੈ ਅਤੇ ਕੇਂਦਰੀ ਨੇਤਾਵਾਂ ਦੇ ਅਜਿਹੇ ਦੌਰੇ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹੁਣ ਤੋਂ ਇਲਾਵਾ ਕੁਝ ਨਹੀਂ ਹਨ।ਪੰਜਾਬ ਦੇਸ਼ ਦੀ ਅੰਨ-ਦਾਤਾ ਅਤੇ ਦੇਸ਼ ਦੀ ਰੱਖਿਆ ਕਰਨ ਵਾਲੀ ਮੋਹਰੀ ਧਰਤੀ ਹੈ।ਪਰ ਕੇਂਦਰੀ ਹਾਕਮਾਂ ਨੂੰ ਸਿਰਫ਼ ਚੋਣਾਂ ਜਾਂ ਸਿਆਸੀ ਮੁਫ਼ਾਦ ਵੇਲੇ ਹੀ ਪੰਜਾਬ ਦੀ ‘ਚਿੰਤਾ’ ਕਿਉਂ ਜਾਗਦੀ ਹੈ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਮੁੱਖ ਰੱਖ ਕੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਅਤੇ ਉੱਚ-ਪੱਧਰੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੌਰੇ ਦੌਰਾਨ ਦਿੱਤੇ ਗਏ ਬਿਆਨਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਮੁੱਦੇ ‘ਤੇ ਚੁੱਕੇ ਗਏ ਸਵਾਲਾਂ ਦਾ ਬਹੁਤ ਹੀ ਤਿੱਖਾ, ਤਰਕਸੰਗਤ ਅਤੇ ਪ੍ਰਭਾਵਸ਼ਾਲੀ ਜਵਾਬ ਦਿੱਤਾ।ਨਸ਼ਿਆਂ ਦੇ ਸੰਵੇਦਨਸ਼ੀਲ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਖਾਸ ਤੌਰ ‘ਤੇ ਗ੍ਰਹਿ ਮੰਤਰੀ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਤੱਥਾਂ ਦੇ ਆਧਾਰ ‘ਤੇ ਵੱਡਾ ਸਵਾਲ ਖੜ੍ਹਾ ਕੀਤਾ ਕਿ ਅੰਤਰਰਾਸ਼ਟਰੀ ਸਰਹੱਦਾਂ ਦੀ ਸੁਰੱਖਿਆ ਅਤੇ ਬੀ.ਐਸ.ਐੱਫ ਦਾ ਕੰਟਰੋਲ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜਦੋਂ ਗੁਜਰਾਤ ਦੇ ਮੁੰਦਰਾ ਜਾਂ ਕਾਂਡਲਾ ਬੰਦਰਗਾਹਾਂ ਤੋਂ ਹਜ਼ਾਰਾਂ ਕਿਲੋਗ੍ਰਾਮ ਹੈਰੋਇਨ ਅਤੇ ਨਸ਼ਾ ਫੜਿਆ ਜਾਂਦਾ ਹੈ, ਤਾਂ ਉਸ ਦੇ ਅਸਲ ਸ੍ਰੋਤਾਂ ਤੱਕ ਪਹੁੰਚਣ ਵਿੱਚ ਕੇਂਦਰ ਸਰਕਾਰ ਕਿਉਂ ਅਸਫ਼ਲ ਰਹੀ ਹੈ? ਮੁੱਖ ਮੰਤਰੀ ਨੇ ਤੰਜ ਕੱਸਦਿਆਂ ਕਿਹਾ ਕਿ ਜਿਹੜੇ ਸੂਬਿਆਂ ਜਿਵੇਂ ਕਿ ਗੁਜਰਾਤ, ਰਾਜਸਥਾਨ ਅਤੇ ਹਰਿਆਣਾ ਵਿੱਚੋਂ ਨਸ਼ੇ ਦੀ ਸਪਲਾਈ ਹੋ ਕੇ ਪੰਜਾਬ ਤੱਕ ਪਹੁੰਚਦੀ ਹੈ, ਉੱਥੇ ਲੰਮੇ ਸਮੇਂ ਤੋਂ ਭਾਜਪਾ ਜਾਂ ਉਨ੍ਹਾਂ ਦੀਆਂ ਸਹਿਯੋਗੀ ਪਾਰਟੀਆਂ ਦੀਆਂ ਸਰਕਾਰਾਂ ਰਹੀਆਂ ਹਨ। ਇਸ ਲਈ ਕੇਂਦਰ ਨੂੰ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਅਧੀਨ ਆਉਂਦੇ ਸੂਬਿਆਂ ਅਤੇ ਸਰਹੱਦੀ ਸੁਰੱਖਿਆ ਪ੍ਰਬੰਧਾਂ ਦਾ ਆਤਮ-ਨਿਰੀਖਣ ਕਰਨਾ ਚਾਹੀਦਾ ਹੈ।

​ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦਿੱਲੀ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ‘ਤੇ ਸ਼ਾਂਤਮਈ ਸੰਘਰਸ਼ ਕਰਦਿਆਂ ਦੇਸ਼ ਅਤੇ ਪੰਜਾਬ ਦੇ ਤਕਰੀਬਨ 700 ਕਿਸਾਨ ਸ਼ਹੀਦ ਹੋ ਗਏ ਸਨ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਅਮਿਤ ਸ਼ਾਹ ਜਦੋਂ ਵੀ ਪੰਜਾਬ ਆਉਂਦੇ ਹਨ, ਤਾਂ ਉਨ੍ਹਾਂ ਨੂੰ ਅੰਦੋਲਨ ਦੌਰਾਨ ਸ਼ਹੀਦ ਹੋਏ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੀ ਯਾਦ ਕਿਉਂ ਨਹੀਂ ਆਉਂਦੀ?ਜਿਨ੍ਹਾਂ ਦੀਆਂ ਜਾਨਾਂ ਕੇਂਦਰ ਸਰਕਾਰ ਦੀ ਹਠਧਰਮੀ ਕਾਰਨ ਗਈਆਂ ਸਨ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅੱਜ ਤੱਕ ਨਾ ਤਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਬਣਦਾ ਵਿੱਤੀ ਮੁਆਵਜ਼ਾ ਦਿੱਤਾ ਹੈ ਅਤੇ ਨਾ ਹੀ ਉਨ੍ਹਾਂ ਦੇ ਮੁੱਖ ਮੰਗਾਂ ਨੂੰ ਪੂਰਾ ਕੀਤਾ ਹੈ।ਸਗੋਂ ਉਲਟਾ ਪੰਜਾਬ ਦੇ ਅੰਨਦਾਤਿਆਂ ਨੂੰ ਅੱਤਵਾਦੀਆਂ ਅਤੇ ਵੱਖਵਾਦੀਆਂ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

​ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਸਲਾਹ ਦਿੱਤੀ ਕਿ ਪੰਜਾਬ ਵਿੱਚ ਆ ਕੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਕੇਂਦਰ ਨੂੰ ਪੰਜਾਬ ਦੇ ਬਕਾਇਆ ਪੇਂਡੂ ਵਿਕਾਸ ਫੰਡਾਂ ਅਤੇ ਹੋਰ ਵਿੱਤੀ ਅਧਿਕਾਰਾਂ ਨੂੰ ਰੋਕਣ ਦੀ ਨੀਤੀ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਕੇਂਦਰ ਸਰਕਾਰ ਦੀਆਂ ਇਨ੍ਹਾਂ ਮਤਰੇਈ ਮਾਂ ਵਾਲੀਆਂ ਨੀਤੀਆਂ ਅਤੇ ਬੇਬੁਨਿਆਦ ਦੋਸ਼ਾਂ ਨੂੰ ਬਾਖ਼ੂਬੀ ਪਛਾਣਦੇ ਹਨ, ਜਿਸ ਦਾ ਮੂੰਹਤੋੜ ਜਵਾਬ ਆਉਣ ਵਾਲੇ ਸਮੇਂ ਵਿੱਚ ਜਨਤਾ ਆਪਣੇ ਵੋਟ ਰਾਹੀਂ ਦੇਵੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.