Nazrana Times

ਪੰਜਾਬੀ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਹੋਈ ਘਰ ਵਾਪਸੀ

15 Nov, 2026 05:44 PM

ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੇਗੋਵਾਲ ਵਿਖੇ ਅਕਾਲੀ ਦਲ ਵਿੱਚ ਹੋਈ ਸ਼ਮੂਲੀਅਤ, ਦੋਆਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ

ਕਪੂਰਥਲਾ, 15 ਨਵੰਬਰ ਗੌਰਵ ਮੜੀਆ

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰ ਲਈ। ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਅਧੀਨ ਪੈਂਦੇ ਪਿੰਡ ਬੇਗੋਵਾਲ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ।

ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਦੋਆਬੇ ਦੀ ਸਿਆਸਤ ਦੇ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹਲਕਾ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਬੀ ਜਗੀਰ ਕੌਰ ਦਾ ਲੰਬੇ ਸਮੇਂ ਤੋਂ ਸਿਆਸੀ ਆਧਾਰ ਰਿਹਾ ਹੈ। ਉਨ੍ਹਾਂ ਦੀ ਵਾਪਸੀ ਨਾਲ ਅਕਾਲੀ ਦਲ ਦੀ ਸਥਾਨਕ ਸਿਆਸਤ ਵਿੱਚ ਇੱਕ ਵਾਰ ਫਿਰ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਹ ਐੱਸ.ਜੀ.ਪੀ.ਸੀ. ਦੀ ਪਹਿਲੀ ਮਹਿਲਾ ਪ੍ਰਧਾਨ ਵੀ ਰਹੇ ਹਨ।

Posted By: Gaurav Maria

Latest News