Nazrana Times

ਪੰਜਾਬੀ

ਪੰਥਕ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਵੱਲੋਂ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦੇਣ ਦੇ ਫ਼ੈਸਲੇ ਦਾ ਸਵਾਗਤ

16 Jun, 2026 04:09 PM

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਵੀ ਕੀਤੀ ਮੰਗ

ਤਰਨ ਤਾਰਨ, ਰਾਕੇਸ਼ ਨਈਅਰ

ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਦੋਖੀ ਕਰਾਰ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਜਾਰੀ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਪੰਥਕ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਠੀਕ ਹੈ ਅਤੇ ਇਸ ਦਾ ਸਵਾਗਤ ਕਰਦੇ ਹਾਂ।
ਆਗੂਆਂ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸ ਗੁਰੂ ਸਾਹਿਬਾਨ ਦੀ ਤਸਵੀਰ ਨਾਲ ਆਪੱਤੀਜਨਕ ਹਰਕਤ ਕਰਦੇ ਹੋਏ ਦਿਖਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਫੋਰੈਂਸਿਕ ਜਾਂਚ ਵਿੱਚ ਵੀਡੀਓ ਨੂੰ ਸਹੀ ਕਰਾਰ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਗਵੰਤ ਮਾਨ ਖ਼ਿਲਾਫ਼ ਫ਼ੈਸਲਾ ਸੁਣਾਇਆ ਗਿਆ।
ਅਕਾਲੀ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਗਲਤ ਵਿਹਾਰ ਕਰਨਾ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋ ਕੇ ਕਥਿਤ ਤੌਰ 'ਤੇ ਝੂਠ ਬੋਲਣਾ ਅਤੇ ਵੱਖ-ਵੱਖ ਮੰਚਾਂ ਤੋਂ ਸਿੱਖ ਧਾਰਮਿਕ ਸੰਸਥਾਵਾਂ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਬਹੁਤ ਨਿੰਦਣਯੋਗ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ 'ਤੇ ਸਿੱਖ ਭਾਈਚਾਰੇ ਵਿੱਚ ਫੁੱਟ ਪਾਉਣ ਦੇ ਯਤਨ ਵੀ ਕੀਤੇ ਗਏ ਹਨ।
ਆਗੂਆਂ ਨੇ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥ ਦੋਖੀ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੀ ਲੰਬੀ ਚੁੱਪੀ ਅਤੇ ਬਾਅਦ ਵਿੱਚ ਦਿੱਤੇ ਗਏ ਸਪੱਸ਼ਟੀਕਰਨ ਕਈ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀਡੀਓ ਨੂੰ ਏ.ਆਈ. ਰਾਹੀਂ ਤਿਆਰ ਦੱਸਿਆ ਗਿਆ ਅਤੇ ਬਾਅਦ ਵਿੱਚ ਇਸ ਨੂੰ ਆਪਣੀ ਵੀਡੀਓ ਨਾ ਹੋਣ ਦਾ ਦਾਅਵਾ ਕੀਤਾ ਗਿਆ, ਜਿਸ ਨਾਲ ਮਾਮਲੇ ਨੂੰ ਲੈ ਕੇ ਹੋਰ ਵਿਵਾਦ ਪੈਦਾ ਹੋਇਆ ਹੈ।
ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਜੇਕਰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਲਗਾਏ ਗਏ ਦੋਸ਼ ਸਾਬਤ ਹੁੰਦੇ ਹਨ ਤਾਂ ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇਂ ਜਗਦੀਪ ਸਿੰਘ ਸਰਪੰਚ ਖ਼ਾਨ, ਸਤਨਾਮ ਸਿੰਘ ਸ਼ੇਰੋਂ,ਜੰਗਸ਼ੇਰ ਸਿੰਘ ਸਰਪੰਚ ਰੁੜ੍ਹੀਵਾਲ਼, ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ ਅਤੇ ਸੁਖਰਾਜ ਸਿੰਘ ਰਾਜਾ ਭੈਲ਼ ਆਦਿ ਆਗੂ ਹਾਜ਼ਰ ਸਨ।

Posted By: GURBHEJ SINGH ANANDPURI

Latest News