Nazrana Times

ਪੰਜਾਬੀ

ਅੰਮ੍ਰਿਤਪਾਲ ਸਿੰਘ ਨੂੰ ਇੱਕ ਹੋਰ ਸਾਲ ਡਿਬਰੂਗੜ੍ਹ ਜੇਲ੍ਹ 'ਚ ਰਹਿਣਾ ਪਵੇਗਾ

19 Apr, 2025 09:54 PM
ਅੰਮ੍ਰਿਤਪਾਲ ਸਿੰਘ ਨੂੰ ਇੱਕ ਹੋਰ ਸਾਲ ਡਿਬਰੂਗੜ੍ਹ ਜੇਲ੍ਹ 'ਚ ਰਹਿਣਾ ਪਵੇਗਾ

ਪੰਜਾਬ ਸਰਕਾਰ ਨੇ ਐੱਨਐੱਸਏ ਤਹਿਤ ਹਿਰਾਸਤ ਵਧਾਈ

ਅਪਰੈਲ 2023 ਤੋਂ ਹਿਰਾਸਤ ਵਿੱਚ ਹੈ 'ਵਾਰਿਸ ਪੰਜਾਬ ਦੇ ਜਥੇਬੰਦੀ ਦਾ ਆਗੂ


ਚੰਡੀਗੜ੍ਹ, 18 ਅਪਰੈਲ,ਨਜ਼ਰਾਨਾ ਟਾਈਮਜ਼ ਬਿਊਰੋ

ਪੰਜਾਬ ਸਰਕਾਰ ਨੇ ਗਰਮ ਖ਼ਿਆਲੀ ਕਾਰਕੁਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਇਹ ਘਟਨਾਕ੍ਰਮ ਹੈਰਾਨੀਜਨਕ ਹੈ ਕਿਉਂਕਿ ਸਰਕਾਰ ਨੇ ਪਿਛਲੇ ਦਿਨੀਂ ਉਸ ਦੇ ਨੌਂ ਹੋਰ ਸਹਿ-ਮੁਲਜ਼ਮ ਸਾਥੀਆਂ ਦੀ ਹਿਰਾਸਤ 'ਚ ਵਾਧਾ ਨਹੀਂ ਕੀਤਾ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ 'ਚ ਤਬਦੀਲ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਅੰਮ੍ਰਿਤਪਾਲ ਦਾ ਮਾਮਲਾ ਅਪਵਾਦ ਹੈ ਕਿਉਂਕਿ ਕੁਝ ਅਜਿਹੇ ਸਬੂਤ ਹਨ ਕਿ ਉਹ ਰਾਜ ਦੀ ਕਾਨੂੰਨ ਵਿਵਸਥਾ ਲਈ ਖ਼ਤਰਾ ਬਣਿਆ ਹੋਇਆ ਹੈ। ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਰਾਜ ਦੇ ਗ੍ਰਹਿ ਵਿਭਾਗ ਨੇ ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਦੀ ਸਿਫ਼ਾਰਸ਼ ਤਹਿਤ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਅੰਮ੍ਰਿਤਪਾਲ ਨੂੰ ਹੋਰ ਨਜ਼ਰਬੰਦ ਰੱਖਣ ਦੀ ਜ਼ਰੂਰਤ ਦਾ ਜ਼ਿਕਰ ਕਰਦਿਆਂ ਉਸ ਦੀ ਹਿਰਾਸਤ ਵਿਚ ਵਾਧੇ ਦੀ ਸਿਫ਼ਾਰਸ਼ ਕੀਤੀ ਸੀ। ਮੈਜਿਸਟ੍ਰੇਟ ਦੀ ਸਿਫ਼ਾਰਸ਼ ਪੁਲੀਸ ਅਤੇ ਖੁਫੀਆ ਵਿਭਾਗ ਦੀ ਰਿਪੋਰਟ 'ਤੇ ਅਧਾਰਤ ਹੈ। ਇਹ ਫੈਸਲਾ ਰਾਜ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੁਆਰਾ ਸਲਾਹਕਾਰ ਬੋਰਡ ਦੀ ਸਿਫ਼ਾਰਸ਼ ਨਾਲ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।

ਜਿਕਰਯੋਗ ਹੈ 'ਵਾਰਿਸ ਪੰਜਾਬ ਦੇਂ ਜਥੇਬੰਦੀ ਦਾ ਆਗੂ ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਹਿਰਾਸਤ ਵਿੱਚ ਹੈ


ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

ਅਜਨਾਲਾ (ਪੱਤਰ ਪ੍ਰੇਰਕ): ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲੀਸ ਨੇ ਪਿਛਲਾ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਸਬੰਧੀ ਡੀਐੱਸਪੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਪਲਪ੍ਰੀਤ ਸਿੰਘ ਥਾਣਾ ਅਜਨਾਲਾ ਵਿੱਚ ਦਰਜ ਐੱਫਆਈਆਰ ਨੰਬਰ 39 ਤਹਿਤ ਨਾਮਜ਼ਦ ਸੀ ਜਿਸ ਨੂੰ ਅੱਜ ਪੁਲੀਸ ਰਿਮਾਂਡ ਖਤਮ ਹੋਣ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਨੂੰ ਅਦਾਲਤ ਨੇ ਪਹਿਲੀ ਮਈ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ।

Posted By: TAJEEMNOOR KAUR

Loading…
Loading the web debug toolbar…
Attempt #